ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
Live99 media My WordPress Blog