ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।
ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ ਸੀ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
ਇਸ ਮਾਮਲੇ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ , ”ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”
“ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।”
ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਅਗਲੇ ਕੁਝ ਦਿਨਾਂ ਵਿੱਚ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੀਆਂ ਸੇਵਾਵਾਂ ਰੱਦ ਕਰ ਦਿੱਤੀਆਂ ਸਨ, ਇਸ ਪਿੱਛੇ ਦੂਤਾਵਾਸ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਗਿਆ ਸੀ।