ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ।ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ।
ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧।ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨।
ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩।ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।