ਸ਼੍ਰੋਮਣੀ ਅਕਾਲੀ ਦਲ ‘ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਸੀਨੀਅਰ ਆਗੂ ਇਕ ਪਾਸੇ ਹੋ ਗਏ ਹਨ ਅਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਮਤਾ ਵੀ ਪਾਸ ਕਰ ਦਿੱਤਾ ਗਿਆ ਹੈ ਕਿ ਸੁਖਬੀਰ ਪਾਰਟੀ ਦੇ ਭਲੇ ਲਈ ਖੁਦ ਹੀ ਲਾਂਭੇ ਹੋ ਜਾਣ।
ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਮਤੇ ਵਿਚ ਆਖਿਆ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ।
ਇਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌੌਰ, ਗੁਰਪ੍ਰਤਾਪ ਵਡਾਲਾ, ਸੁਰਜੀਤ ਰੱਖੜਾ ਵੀ ਹਾਜ਼ਰ ਸਨ। ਹਾਲਾਤ ਇਹ ਬਣ ਗਏ ਹਨ ਕਿ ਇਕ ਪਾਸੇ ਸੁਖਬੀਰ ਬਾਦਲ ਚੰਡੀਗੜ੍ਹ ਵਿਚ ਮੀਟਿੰਗ ਕਰ ਰਹੇ ਸਨ ਅਤੇ ਦੂਜੇ ਪਾਸੇ ਜਲੰਧਰ ਵਿਚ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਵੀ ਕੋਰ ਕਮੇਟੀ ਦੀ ਮੀਟਿੰਗ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਇੱਕ ਪੱਤਰ ਲਿਖ ਕੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਉਂਗਲ ਉਠਾਈ ਹੈ। ਉਨ੍ਹਾਂ ਲਿਖਿਆ ਹੈ ਕਿ ਪਾਰਟੀ ਦੇ ਵਡੇਰੇ ਹਿੱਤਾਂ ਲਈ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇੱਕ ਪੰਚ ਪ੍ਰਧਾਨੀ ਬਣਾ ਦਿੱਤੀ ਜਾਵੇ ਜਿਸ ਵਿਚ ਪ੍ਰਧਾਨ ਸ਼੍ਰੋਮਣੀ ਕਮੇਟੀ ਹਰਜਿੰਦਰ ਸਿੰਘ ਧਾਮੀ, ਹਰਸਿਮਰਤ ਕੌਰ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਐਨ.ਕੇ.ਸ਼ਰਮਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇ।