ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।
(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।
Live99 media My WordPress Blog