ਸਤੰਬਰ ‘ਚ ਭਾਰੀ ਮੀਂਹ ਤੇ ਹੜ੍ਹ ਦੀ ਚੇਤਾਵਨੀ !

ਪੰਜਾਬ ‘ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਜਿੱਥੇ ਦਿਨ ਦੇ ਵੇਲੇ ਗਰਮੀ ਹੁੰਦੀ ਹੈ, ਉੱਥੇ ਹੀ ਰਾਤ ਨੂੰ ਪਾਰਾ ਘੱਟ ਜਾਂਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ‘ਚ ਆਉਣ ਵਾਲੇ 2 ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਹਾਲਾਂਕਿ ਐਤਵਾਰ ਨੂੰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।ਇਸ ਦੇ ਨਾਲ ਹੀ ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਦੇ ਨੇੜੇ ਹੈ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਜਿਹੜਾ ਮੌਸਮ ਚੱਲ ਰਿਹਾ ਹੈ। ਇਹ ਮਲੇਰੀਆ ਅਤੇ ਡੇਂਗੂ ਵਰਗੀਆਂ ਬੀਮਾਰੀਆਂ ਲਈ ਅਨੁਕੂਲ ਹੈ।

5 ਸਤੰਬਰ ਤੱਕ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਤੋਂ 19 ਡਿਗਰੀ ਵਿਚਕਾਰ ਰਹੇਗਾ। ਅਜਿਹੇ ‘ਚ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮਲੇਰੀਆ ਦੇ ਮਰੀਜ਼ ਆ ਸਕਦੇ ਹਨ, ਹਾਲਾਂਕਿ ਡੇਂਗੂ ਦਾ ਕੋਈ ਅਲਰਟ ਨਹੀਂ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਚੌਕਸ ਰਹਿਣ ਦੀ ਲੋੜ ਹੈ।


ਭਾਰਤ ਦੇ ਦੱਖਣੀ ਸੂਬੇ ਕੇਰਲ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਸਵੇਰ ਭਾਰੀ ਮੀਂਹ ਪੈਣ ਕਾਰਨ ਸੜਕਾਂ ’ਤੇ ਪਾਣੀ ਭਰਨ ਨਾਲ ਆਵਜਾਈ ਪ੍ਰਭਾਵਿਤ ਹੋਈ ਹੈ। ਉਧਰ ਭਾਰਤੀ ਮੌਸਮ ਵਿਭਾਗ ਨੇ ਸੱਤ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਨ੍ਹਾਂ ਵਿਚ ਕਰਨਾਕੁਲਮ, ਇਡੁੱਕੀ, ਤ੍ਰਿਸ਼ੁਰ, ਕੋਜ਼ੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹੇ ਸ਼ਾਮਲ ਹਨ।

ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ ਆਫ਼ਤ ਪ੍ਰਬੰਧਨ ਵਿਭਾਗ ਨੇ ਢਿੱਗਾਂ ਖਿਸਕਣ ਅਤੇ ਹੜ੍ਹ ਸੰਭਾਵਿਤ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਹੈ। ਇਸ ਦੇ ਨਾਲ ਹੀ ਹੇਠਲੇ ਖੇਤਰ ਅਤੇ ਨਦੀ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਜਾਣ ਦੀ ਸਲਾਹ ਦਿੱਤੀ ਗਈ ਹੈ।