ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ ਹੈ। ਐਤਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 8 ਤੋਂ 10 ਜੁਲਾਈ ਤੱਕ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਪਾਣੀ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ (ਡੀ.ਸੀ.) ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਮੌਸਮ ਵਿਭਾਗ ਮੁਤਾਬਿਕ ਅਗਲੇ ਪੰਜ ਦਿਨਾਂ ਤੱਕ ਉੜੀਸਾ, ਬਿਹਾਰ ਵਿੱਚ 9 ਤੋਂ 12 ਜੁਲਾਈ, ਝਾਰਖੰਡ ਵਿੱਚ 11 ਅਤੇ 12 ਜੁਲਾਈ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 10 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।